September 8, 2024 08:37:48

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ

Jul29,2023 | Surinder Dalla | Chandigarh

 

ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ

ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ਉਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ। ਆਟਾ ਤੇ ਕਣਕ ਦੇਣ ਸਮੇਂ ਸਾਰੀਆਂ ਲੋੜੀਦੀਆਂ ਸ਼ਰਤਾਂ ਜਿਵੇਂ ਕਿ ਬਾਇਓ ਮੀਟਿਰਿਕ ਪੜਤਾਲ, ਲਾਭਪਾਤਰੀ ਨੂੰ ਪ੍ਰਿੰਟ ਕੀਤੀ ਵਜ਼ਨ ਰਸੀਦ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ। ਹੋਮ ਡਿਲੀਵਰੀ ਸੇਵਾ, ਮਾਡਲ ਫੇਅਰ ਪ੍ਰਾਈਸ ਸ਼ਾਪ ਦੀ ਧਾਰਨਾ ਨੂੰ ਪੇਸ਼ ਕਰੇਗੀ, ਜੋ ਰਾਜ ਦੀ ਸਿਖਰਲੀ ਸਹਿਕਾਰੀ ਸਭਾ ‘ਦਿ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ’ ਵੱਲੋਂ ਚਲਾਈਆਂ ਜਾਣਗੀਆਂ ਕਿਉਂਕਿ ਇਹ ਮੋਹਰੀ ਸਹਿਕਾਰੀ ਅਦਾਰਾ ਹੋਣ ਦੇ ਨਾਲ-ਨਾਲ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਣੀ ਬਣਦੀ ਹੈ। ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਵੱਲੋਂ ਚਲਾਏ ਜਾ ਰਹੇ ਮਾਡਲ ਫੇਅਰ ਪ੍ਰਾਈਸ ਸ਼ਾਪਸ ਵੱਲੋਂ ਲਾਭਪਾਤਰੀਆਂ ਦੇ ਘਰ ਤੱਕ ਪੈਕ ਕੀਤੀ ਕਣਕ/ਪੈਕ ਕੀਤੇ ਆਟੇ ਦੀ ਸਪਲਾਈ ਕਰਨ ਲਈ ਸਮਾਰਟ ਟਰਾਂਸਪੋਰਟ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। **ਖਪਤਕਾਰਾਂ ਨੂੰ ਘੱਟ ਦਰਾਂ ਉਤੇ ਰੇਤੇ ਤੇ ਬਜਰੀ ਮੁਹੱਈਆ ਕਰਨ ਲਈ ਕਰੱਸ਼ਰ ਨੀਤੀ 2023 ਨੂੰ ਹਰੀ ਝੰਡੀ** ਖਪਤਕਾਰਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੈਬਨਿਟ ਨੇ ਪੰਜਾਬ ਕਰੱਸ਼ਰ ਨੀਤੀ 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀ.ਸੀ.ਯੂ.) ਅਤੇ ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਹੋਣਗੀਆਂ। ਸਕਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟ ਦੀ ਸ਼ੇ੍ਰਣੀ ਵਿੱਚ ਆਉਣਗੇ। ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਇਕ ਰਜਿਸਟਰਡ ਕਰੱਸ਼ਰ ਯੂਨਿਟ ਹੋਵੇਗਾ, ਜੋ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ ਤਹਿਤ ਨਿਰਧਾਰਤ ਇਕ ਟਰਾਂਸਪੇਰੈਂਸੀ ਈ-ਟੈਂਡਰਿੰਗ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ ਅਤੇ ਕਰੱਸ਼ਰ ਯੂਨਿਟ ਵੱਲੋਂ ਦਰਸਾਏ ਘੱਟੋ-ਘੱਟ ਖਣਿਜ ਮੁੱਲ (ਲੋਡਿੰਗ ਖ਼ਰਚਿਆਂ ਸਮੇਤ ਅਤੇ ਕਰੱਸ਼ਰ ਵਿਕਰੀ ਮੁੱਲ ਤੋਂ ਵੱਧ ਨਹੀਂ) ਉਤੇ ਆਧਾਰਤ ਹੋਵੇਗਾ। ਸਰਕਾਰ ਸਮੇਂ-ਸਮੇਂ ਉਤੇ ਕਰੱਸ਼ਰ ਵਿਕਰੀ ਮੁੱਲ (ਸੀ.ਐਸ.ਪੀ.) ਨਿਰਧਾਰਤ ਕਰੇਗੀ ਅਤੇ ਕੋਈ ਵੀ ਕਰੱਸ਼ਰ ਯੂਨਿਟ ਇਸ ਤੋਂ ਵੱਧ ਮੁੱਲ ਉਤੇ ਖਣਿਜ ਦੀ ਵਿਕਰੀ ਨਹੀਂ ਕਰੇਗਾ। ਸੀ.ਐਸ.ਪੀ. ਵਿੱਚ ਖਣਿਜ ਲਾਗਤ, ਮਾਈਨਿੰਗ ਸਾਈਟ ਤੋਂ ਕਰੱਸ਼ਰ ਯੂਨਿਟ ਤੱਕ ਢੋਆ-ਢੁਆਈ, ਪ੍ਰਾਸੈਸਿੰਗ ਖ਼ਰਚੇ ਤੇ ਮੁਨਾਫ਼ੇ ਅਤੇ ਆਵਾਜਾਈ ਵਾਹਨਾਂ ਦੀ ਕਿਸੇ ਵੀ ਮਨਜ਼ੂਰ ਸ਼੍ਰੇਣੀ ਵਿੱਚ ਖਣਿਜ ਦੀ ਲੋਡਿੰਗ ਸ਼ਾਮਲ ਹੋਵੇਗੀ। ਮਾਈਨਜ਼ ਤੇ ਜਿਆਲੋਜੀ ਵਿਭਾਗ ਵੱਲੋਂ ਕਰੱਸ਼ਰ ਯੂਨਿਟ ਨੂੰ ਰਜਿਸਟਰ ਕਰਨ ਲਈ ਆਨਲਾਈਨ ਪੋਰਟਲ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ। ਕਰੱਸ਼ਰ ਮਾਲਕ ਵਿਭਾਗ ਵੱਲੋਂ ਤਿਆਰ ਕੀਤੇ ਆਨਲਾਈਨ ਪੋਰਟਲ ਰਾਹੀਂ ਆਪਣੇ ਯੂਨਿਟਾਂ ਨੂੰ ਖ਼ੁਦ ਰਜਿਸਟਰ ਕਰਨਗੇ ਅਤੇ ਜੇ ਕੋਈ ਕਰੱਸ਼ਰ ਮਾਲਕ ਚਾਹੇਗਾ ਤਾਂ ਉਹ ਪੰਜਾਬ ਰਾਜ ਮਾਈਨਰ ਮਿਨਰਲ ਨੀਤੀ 2023 ਤਹਿਤ ਵਪਾਰਕ ਮਾਈਨਿੰਗ ਯੂਨਿਟਾਂ ਲਈ ਬੋਲੀ ਵਿੱਚ ਹਿੱਸਾ ਲੈ ਸਕਦਾ ਹੈ। ਇਸ ਨੀਤੀ ਦਾ ਮੁੱਢਲਾ ਉਦੇਸ਼ ਸਰਕਾਰ ਵੱਲੋਂ ਢੁਕਵੀਂ ਮਾਰਕੀਟਿੰਗ ਦਖ਼ਲਅੰਦਾਜ਼ੀ ਜ਼ਰੀਏ ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣਾ ਹੈ। **ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਵਿੱਚ ਸੋਧਾਂ ਦੀ ਇਜਾਜ਼ਤ** ਪੰਜਾਬ ਮੰਤਰੀ ਮੰਡਲ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਸੂਬੇ ਵਿੱਚ ਮਾਈਨਰ ਮਿਨਰਲਜ਼ ਦੀ ਸਪਲਾਈ ਵਧਾਉਣ ਲਈ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੂਬਾ ਸਰਕਾਰ ਨੇ ਇਸ ਸਾਲ 13 ਮਾਰਚ ਨੂੰ ਪੰਜਾਬ ਮਾਈਨਰ ਮਿਨਰਲ ਨੀਤੀ, 2023 ਅਧਿਸੂਚਿਤ ਕੀਤੀ ਸੀ। ਇਸ ਨੀਤੀ ਦੇ ਉਪਬੰਧਾਂ ਕਾਰਨ ਰਿਆਇਤੀ ਠੇਕੇ ਤੇ ਜਨਤਕ ਮਾਈਨਿੰਗ ਸਾਈਟਾਂ ਦੀ ਵੰਡ ਲਈ ਮੌਜੂਦਾ ਨਿਯਮਾਂ ਵਿੱਚ ਕੁੱਝ ਸੋਧਾਂ ਦੀ ਲੋੜ ਸੀ। ਇਹ ਸੋਧਾਂ ਸਾਲਾਨਾ ਰਿਆਇਤ ਰਾਸ਼ੀ ਦੀਆਂ ਕਿਸ਼ਤਾਂ, ਜਨਤਕ ਮਾਈਨਿੰਗ ਸਾਈਟਾਂ, ਮਾਈਨਿੰਗ ਸਾਈਟਾਂ ਲਈ ਰਿਆਇਤ ਦੀ ਸਪੁਰਦਗੀ ਦੇ ਨਿਯਮਾਂ ਤੇ ਸ਼ਰਤਾਂ ਅਤੇ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਐਗਰੀਮੈਂਟ ਫਾਰਮ ਐਲ-1 ਨਾਲ ਸਬੰਧਤ ਹਨ। **ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਖ਼ੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਨੀਤੀ ਉਤੇ ਮੋਹਰ** ਮੰਤਰੀ ਮੰਡਲ ਨੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਨਾਲ ਪ੍ਰਭਾਵਿਤ ਖ਼ੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਉਤੇ ਵੀ ਮੋਹਰ ਲਾ ਦਿੱਤੀ। ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਇਸ ਲਈ ਇਸ ਨੀਤੀ ਤਹਿਤ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ ਸੂਬਾਈ ਬਜਟ ਵਿੱਚੋਂ 10 ਫੀਸਦੀ ਵਾਧੂ ਰਾਹਤ ਰਾਸ਼ੀ ਡਿਪਟੀ ਕਮਿਸ਼ਨਰਾਂ ਨੂੰ ਮੁਹੱਈਆ ਕੀਤੀ ਜਾਵੇਗੀ। ਇਹ ਨੀਤੀ ਪਹਿਲੀ ਮਈ 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖ਼ੇਤ ਮਜ਼ਦੂਰ ਪਰਿਵਾਰਾਂ, ਜਿਨ੍ਹਾਂ ਕੋਲ ਕੋਈ ਜ਼ਮੀਨ (ਰਿਹਾਇਸ਼ੀ ਪਲਾਟ ਤੋਂ ਇਲਾਵਾ) ਨਹੀਂ ਹੋਵੇਗੀ, ਜਾਂ ਉਹ ਜਿਨ੍ਹਾਂ ਕੋਲ ਠੇਕੇ/ਕਿਰਾਏ/ਕਾਸ਼ਤ ਲਈ ਇਕ ਏਕੜ ਤੋਂ ਘੱਟ ਜਗ੍ਹਾ ਹੋਵੇਗੀ, ਉਹ ਸਾਰੇ ਮੁਆਵਜ਼ਾ ਲੈਣ ਦੇ ਯੋਗ ਹੋਣਗੇ। **ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀਆਂ 39 ਅਸਾਮੀਆਂ ਸੁਰਜੀਤ ਕਰਨ ਦਾ ਫੈਸਲਾ** ਕੈਬਨਿਟ ਨੇ ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਸਿੱਧੀ ਭਰਤੀ ਕੋਟੇ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਪੰਜ ਪ੍ਰੋਫੈਸਰ, 10 ਐਸੋਸੀਏਟ ਪ੍ਰੋਫੈਸਰ ਤੇ 24 ਸਹਾਇਕ ਪ੍ਰੋਫੈਸਰਾਂ ਸਮੇਤ ਕੁੱਲ 39 ਅਸਾਮੀਆਂ ਨੂੰ ਸੁਰਜੀਤ ਕਰਦੇ ਹੋਏ ਇਹ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ

Chief-Minister-Bhagwant-Mann


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead