ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਹਿਮ ਬੈਠਕ
September 18, 2025
Deputy-Commissioner-Holds-Import

bureau / Malerkotla

 ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਅਹਿਮ ਬੈਠਕ ਕਰਕੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਖਰੀਫ ਸੀਜ਼ਨ 2025 ਲਈ ਝੋਨੇ ਦੀ ਸਰਕਾਰੀ ਖਰੀਦ ਮੰਡੀਆਂ ਵਿੱਚ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਅਤੇ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਵਾਢੀ ਸਿਰਫ਼ ਉਸ ਵੇਲੇ ਕੀਤੀ ਜਾਵੇ ਜਦੋਂ ਫਸਲ ਪੂਰੀ ਤਰ੍ਹਾਂ ਪੱਕੀ ਹੋਵੇ ਅਤੇ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਵਿੱਚ ਨਮੀ ਦੀ ਹੱਦ 17 ਫੀਸਦੀ ਨਿਰਧਾਰਤ ਕੀਤੀ ਗਈ ਹੈ ਜਦਕਿ ਇਸ ਵਾਰ ਦੀ ਐਮ.ਐਸ.ਪੀ. 2389 ਰੁਪਏ ਪ੍ਰਤੀ ਕੁਇੰਟਲ ਹੈ। ਕੰਬਾਈਨ ਓਪਰੇਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਾਢੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ।

 ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚ ਕਰੀਬ 4.48 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਬਾਰਦਾਨੇ ਸਮੇਤ ਹੋਰ ਸਾਰੇ ਲਾਜ਼ਮੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਾ ਆਵੇ।

          ਵਿਰਾਜ ਐਸ. ਤਿੜਕੇ ਨੇ ਕਿਹਾ ਕਿ"ਸਾਫ਼ ਹਵਾ, ਉਪਜਾਊ ਮਿੱਟੀ ਅਤੇ ਸਿਹਤਮੰਦ ਪੀੜ੍ਹੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਹਰ ਕਿਸਾਨ ਦਾ ਛੋਟਾ ਜਿਹਾ ਯੋਗਦਾਨ ਵੀ ਵਾਤਾਵਰਣ ਬਚਾਉਣ ਵਿੱਚ ਵੱਡਾ ਭੂਮਿਕਾ ਨਿਭਾ ਸਕਦਾ ਹੈ।"

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਘਟਣ ਅਤੇ ਸਿਹਤ ਉੱਤੇ ਮਾੜੇ ਅਸਰ ਪੈਂਦੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਨ-ਸੀਟੂ ਤੇ ਐਕਸ-ਸੀਟੂ ਦੋਹੀਂ ਤਕਨੀਕਾਂ ਲਈ ਪੂਰੀ ਮਸ਼ੀਨਰੀ ਉਪਲਬਧ ਹੈ । ਉਨ੍ਹਾਂ ਕਿਹਾ ਕਿ ਸਮੇਂ ਨਾਲ ਮਸ਼ੀਨਰੀ ਵਿੱਚ ਵਾਧਾ ਹੋਇਆ ਹੈ ਅਤੇ ਪਰਾਲੀ ਨਿਪਟਾਰੇ ਲਈ ਇੰਡਸਟਰੀ ਵੀ ਵਧੀ ਹੈ। ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਇਸ ਨੂੰ ਮਿੱਟੀ ਵਿੱਚ ਮਿਲਾਇਆ ਜਾਵੇ।

ਉਨ੍ਹਾਂ ਐਸ.ਡੀ.ਐਮਜ਼ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨਾਲ ਫੀਲਡ ਪੱਧਰ ’ਤੇ ਸੰਪਰਕ ਕਰਕੇ ਉਪਲਬਧ ਮਸ਼ੀਨਾਂ ਦੀ ਪੂਰੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਮਸ਼ੀਨਰੀ ਦੀ ਵਰਤੋਂ ਪੂਰੀ ਤਰ੍ਹਾਂ ਕੀਤੀ ਜਾਵੇ ਤਾਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਹੀਂ ਹੋਣਗੀਆਂ।

              ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਬਚਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਸਾੜਨ ਤੋਂ ਬਚਣਾ ਸਾਡੇ ਸਭ ਦਾ ਫਰਜ਼ ਹੈ।

Deputy Commissioner Holds Important Meeting Regarding Paddy Procurement And Stubble Management


Recommended Posts